ਮਾਲੇਰਕੋਟਲਾ, 25 ਨਵੰਬਰ:
ਨੌਜਵਾਨ ਲੜਕੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦਾ ਲਿਆ ਜਾਵੇਗਾ ਸਹਿਯੋਗ
ਕੋਈ ਵੀ ਯੋਗ ਨੌਜਵਾਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਅਧਿਕਾਰੀ ਯਕੀਨੀ ਬਣਾਉਣ
6 ਦਸੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ 18-19 ਸਾਲ ਉਮਰ ਵਰਗ ਦੇ ਯੋਗ ਨੌਜਵਾਨਾਂ ਨੂੰ ਵੋਟਰ ਸੂਚੀਆਂ ਵਿੱਚ ਸ਼ਾਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਕੀਤੇ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵੱਖ-ਵੱਖ ਵਿਭਾਗਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧਿਕਾਰ ਖੇਤਰ ਅਧੀਨ ਆਉਂਦਿਆਂ ਜ਼ਿਲ੍ਹੇ ਦੀਆਂ ਵੱਖ-ਵੱਖ ਫੈਕਟਰੀਆਂ, ਸਨਅਤੀ ਇਕਾਈਆਂ, ਦੁਕਾਨਾਂ, ਸ਼ਾਪਿੰਗ ਮਾਲਾਂ ਅਤੇ ਸ਼ੋਅਰੂਮਾਂ ਵਿੱਚ ਕੰਮ ਕਰਦੇ 18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਇਸ ਤੋਂ ਇਲਾਵਾ ਵਿਦਿਆਰਥੀਆਂ, ਸਬਜ਼ੀ ਮੰਡੀਆਂ ਵਿੱਚ ਆੜ੍ਹਤੀਆਂ, ਰੇਹੜੀਆਂ ਅਤੇ ਫੜੀਆਂ ’ਤੇ ਕੰਮ ਕਰਨ ਵਾਲੇ ਯੋਗ ਨੌਜਵਾਨਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਨਾਲ ਜੋੜਨ ਦੀ ਯੋਜਨਾ ਹੈ।
ਵਿਰਾਜ ਐਸ.ਤਿੜਕੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੈਕਟਰੀਆਂ, ਸਨਅਤੀ ਇਕਾਈਆਂ, ਦੁਕਾਨਾਂ, ਸ਼ਾਪਿੰਗ ਮਾਲਾਂ, ਸ਼ੋਅਰੂਮਾਂ ਅਤੇ ਸਬਜ਼ੀ ਮੰਡੀਆਂ ਵਿੱਚ ਕੰਮ ਕਰਦੇ ਯੋਗ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਨੌਜਵਾਨ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੋਟ ਬਣਵਾਉਣ ਲਈ ਜਾਗਰੂਕ ਕਰਨ ਵਾਸਤੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਰ ਰਜਿਸਟ੍ਰੇਸ਼ਨ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰੀ ਦਾ ਪਹਿਲਾ ਕਦਮ ਹੈ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਨਾਮ ਅਜੇ ਤੱਕ ਵੋਟਰ ਸੂਚੀਆਂ ਵਿੱਚ ਦਰਜ ਨਹੀਂ ਹਨ, ਉਹ ਆਪਣੀ ਵੋਟ ਬਣਵਾਉਣ ਲਈ ਅੱਗੇ ਆਉਣ। ਮਾਪੇ ਵੀ ਆਪਣੇ ਯੋਗ ਬੱਚਿਆਂ ਦੀ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਹਿਯੋਗ ਕਰਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਤਹਿਤ 1 ਜਨਵਰੀ, 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ 6 ਦਸੰਬਰ (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਯੋਗ ਨਾਗਰਿਕਾਂ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ।
ਇਸ ਮੌਕੇ ਐਸ.ਡੀ.ਐਮ. ਅਮਰਗੜ੍ਹ ਹਰਸ਼ਿਤਾ ਸ਼ਰਮਾ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫਸਰ ਅਸ਼ੀਸ ਕੁਮਾਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ, ਡਿਪਟੀ ਡਾਇਰੈਕਟਰ ਫੈਕਟਰੀਜ਼ ਸਾਹਿਲ ਗੋਇਲ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਲਵਲੀਨ ਬੜਿੰਗ, ਲੇਬਰ ਇੰਸਪੈਕਟਰ ਹਰਪ੍ਰੀਤ ਕੌਰ, ਜਨਰਲ ਮੈਨੇਜਰ ਡੀ.ਆਈ.ਸੀ. ਮਲੇਰਕੋਟਲਾ ਮਾਨ ਮਹਿੰਦਰ ਸਿੰਘ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



