ਚੰਡੀਗੜ੍ਹ : ਜਗਜੀਤ ਸਿੰਘ ਡੱਲੇਵਾਲ ਨੂੰ ਹੁਣ ਹੋਰ ਕਿਸਾਨ ਜਥੇਬੰਦੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ 14 ਫਰਵਰੀ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ।
ਡੱਲੇਵਾਲ ਨੇ ਮੰਗਲਵਾਰ ਸਵੇਰੇ 10 ਵਜੇ ਦੇਸ਼ ਦੇ ਕਿਸਾਨਾਂ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੋਰਚੇ ਨੂੰ ਇਸ ਮੁਕਾਮ ਤੱਕ ਲਿਜਾਣ ਦਾ ਕੰਮ ਵਾਹਿਗੁਰੂ ਨੇ ਕੀਤਾ ਹੈ ਅਤੇ ਹਰ ਕੋਈ ਅਰਦਾਸ ਕਰਦਾ ਹੈ ਕਿ ਭਵਿੱਖ ਵਿੱਚ ਵੀ ਮੋਰਚਾ ਹੋਰ ਮਜ਼ਬੂਤ ਹੋਵੇ। ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਸਰੀਰ ਉਨ੍ਹਾਂ ਨੂੰ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣ ਦੇ ਰਿਹਾ। ਹਾਲਾਂਕਿ ਸਿਹਤ ‘ਚ ਸੁਧਾਰ ਹੈ, ਪਰ ਸਰੀਰ ‘ਚ ਕਾਫੀ ਕਮਜ਼ੋਰੀ ਹੈ। ਪਰ ਸਮੂਹ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਉਹ ਮੀਟਿੰਗ ਵਿੱਚ ਹਾਜ਼ਰੀ ਭਰਨ ਦੀ ਕੋਸ਼ਿਸ਼ ਜ਼ਰੂਰ ਕਰਨਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਮਰਨ ਵਰਤ ਜਾਰੀ ਹੈ। ਡੱਲੇਵਾਲ ਨੇ ਭਾਵਪੂਰਨ ਅਪੀਲ ਕਰਦਿਆਂ ਕਿਹਾ ਕਿ ਮੋਰਚੇ ਦੇ ਇੱਕ ਸਾਲ ਪੂਰੇ ਹੋਣ ‘ਤੇ 12 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ, ਤਾਂ ਜੋ ਉਹ ਊਰਜਾ ਪ੍ਰਾਪਤ ਕਰ ਸਕਣ ਅਤੇ ਇਸੇ ਤਰ੍ਹਾਂ ਕਿਸਾਨਾਂ ਦੇ ਹੱਕਾਂ ਲਈ ਲੜਦੇ ਰਹਿਣ।