Tuesday, September 22, 2026
Home Blog ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਅਮਰਗੜ੍ਹ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ...

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਅਮਰਗੜ੍ਹ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

0
39

ਅਮਰਗੜ੍ਹ /ਮਾਲੇਰਕੋਟਲਾ, 14 ਅਪ੍ਰੈਲ :

ਕਿਸਾਨਾਂ ਲਈ ਸੁਚਾਰੂ, ਤੇਜ਼ ਅਤੇ ਮੁਸ਼ਕਲ-ਰਹਿਤ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾਣ- ਡੀ.ਸੀ.

 ਮੰਡੀਆਂ ਵਿੱਚ ਸਫਾਈ, ਪਾਣੀ ਅਤੇ ਬੁਨਿਆਦੀ ਸਹੂਲਤਾਂ ‘ਤੇ ਖਾਸ ਜ਼ੋਰ

 ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਅਨਾਜ ਮੰਡੀ ਅਮਰਗੜ੍ਹ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਇਕ ਦਾਣਾ ਪਾਰਦਰਸ਼ੀ ਅਤੇ ਸੁਚਾਰੂ ਪ੍ਰਕਿਰਿਆ ਰਾਹੀਂ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀਆਂ ਯੋਗ ਸਹੂਲਤਾਂ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਲਗਾਤਾਰ ਕੀਤੀ ਜਾ ਰਹੀ ਹੈ।

      ਉਨ੍ਹਾਂ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ 41 ਅਨਾਜ ਮੰਡੀਆਂ ਵਿੱਚ ਲਗਭਗ  2 ਲੱਖ 48 ਹਜਾਰ ਮੈਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਇਸ ਸਬੰਧੀ ਮਾਰਕਫੈੱਡ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ), ਪਨਗ੍ਰੇਨ, ਪਨਸਪ, ਵੇਅਰਹਾਊਸਿੰਗ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਬਾਰਦਾਨੇ ਅਤੇ ਹੋਰ ਲੋੜੀਂਦੇ ਸਾਮਾਨ ਦੀ ਪੂਰੀ ਉਪਲਬਧਤਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਸਾਫ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆ ਸਕੇ। ਇਸ ਦੇ ਨਾਲ ਹੀ ਉਨ੍ਹਾਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਸਰਕਾਰ ਵੱਲੋਂ ਨਿਰਧਾਰਤ ਸਮੇਂ ਅੰਦਰ ਸਿੱਧੀ ਆਨਲਾਈਨ ਪ੍ਰਣਾਲੀ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਢੋਆ-ਢੁਆਈ, ਲਿਫਟਿੰਗ ਅਤੇ ਭੁਗਤਾਨ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ ਅਤੇ ਸਾਰੀ ਪ੍ਰਕਿਰਿਆ ਸਮੇਂ-ਸਿਰ ਮੁਕੰਮਲ ਕੀਤੀ ਜਾਵੇ।

       ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡੇਜੀ ਮਹਿਤਾ, ਇੰਸਪੈਕਟਰ ਮਨੋਜ ਕੁਮਾਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਆੜ੍ਹਤੀਏ ਮੌਜੂਦ ਸਨ।

LEAVE A REPLY

Please enter your comment!
Please enter your name here