ਪਟਿਆਲਾ, 20 ਮਾਰਚ:
ਪਹਿਲਾਂ ਬੁੱਕ ਕੀਤਾ ਸਿਲੰਡਰ ਪਹਿਲਾਂ ਡਿਲੀਵਰ ਕੀਤਾ ਜਾਵੇ‘ ਸਿਸਟਮ ਯਕੀਨੀ ਬਣਾਉਣ ਦੀ ਵੀ ਹਦਾਇਤ, ਪੀਐਨਜੀ ਕੁਨੈਕਸ਼ਨ ਲੈਣੇ ਉਤਸ਼ਾਹਿਤ ਕੀਤੇ ਜਾਣ- ਡਿਪਟੀ ਕਮਿਸ਼ਨਰ
ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਵਿੱਚ ਘਰੇਲੂ ਅਤੇ ਵਪਾਰਕ ਐਲਪੀਜੀ ਦੀ ਸਪਲਾਈ ਦੀ ਸਮੀਖਿਆ ਕੀਤੀ। ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਹੋਰ ਅਧਿਕਾਰੀਆਂ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਘਰੇਲੂ ਖਪਤਕਾਰਾਂ ਨੂੰ ਐਲਪੀਜੀ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਹਾਲਤ ਵਿੱਚ ਕਿਸੇ ਵੀ ਲੀਕੇਜ, ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡੀਸੀ ਵਰਜੀਤ ਵਾਲੀਆ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੰਸਥਾਵਾਂ ਅਤੇ ਥੋਕ ਖਪਤਕਾਰਾਂ ਨੂੰ ਐਲਪੀਜੀ ਸਿਲੰਡਰਾਂ ‘ਤੇ ਨਿਰਭਰਤਾ ਘਟਾਉਣ ਅਤੇ ਵਧੇਰੇ ਕੁਸ਼ਲ ਊਰਜਾ ਵਰਤੋਂ ਨੂੰ ਯਕੀਨੀ ਬਣਾਉਣ ਲਈ, ਜਿੱਥੇ ਵੀ ਸੰਭਵ ਹੋਵੇ, ਪਾਈਪਡ ਨੈਚੁਰਲ ਗੈਸ (ਪੀਐਨਜੀ) ਕੁਨੈਕਸ਼ਨ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਖਪਤਕਾਰਾਂ ਨੂੰ ਅਫਰਾ ਤਫਰੀ ‘ਚ ਆ ਕੇ ਐਲਪੀਜੀ ਸਿਲੰਡਰਾਂ ਦੀ ਬੁਕਿੰਗ ਕਰਵਾਉਣ ਤੋਂ ਬਚਣ ਦੀ ਅਪੀਲ ਕੀਤੀ, ਕਿਉਂਕਿ ਅਜਿਹਾ ਕਰਨਾ ਸਪਲਾਈ ਪ੍ਰਣਾਲੀ ‘ਤੇ ਬੇਲੋੜਾ ਦਬਾਅ ਪਾਉਂਦਾ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਘਰੇਲੂ ਐਲਪੀਜੀ ਦੇ ਨਾਲ-ਨਾਲ ਜ਼ਰੂਰੀ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਨੂੰ ਸੁਚਾਰੂ ਅਤੇ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਕਿਹਾ ਕਿ ਵਪਾਰਕ ਅਦਾਰਿਆਂ ਨੂੰ ਸਪਲਾਈ ਲੋੜ ਅਨੁਸਾਰ ਘਟਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਗੈਸ ਏਜੰਸੀਆਂ ਨੂੰ ਘਰੇਲੂ ਐਲਪੀਜੀ ਸਿਲੰਡਰਾਂ ਦੀ ਨਿਯਮਤ ਸਪਲਾਈ “ਪਹਿਲਾਂ ਬੁੱਕ ਕੀਤਾ ਗਿਆ ਸਿਲੰਡਰ ਪਹਿਲਾਂ ਡਿਲੀਵਰ ਕੀਤਾ ਜਾਵੇ” ਦੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਗੈਸ ਏਜੰਸੀਆਂ ਦੇ ਰਿਕਾਰਡ ਦੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ, ਗੈਸ ਏਜੰਸੀਆਂ ਨੂੰ ਸਪਲਾਈ ਅਤੇ ਡਿਲੀਵਰੀ ਦਾ ਰੋਜ਼ਾਨਾ ਡੇਟਾ ਪ੍ਰਦਰਸ਼ਿਤ ਕਰਨ ਅਤੇ ਇਸ ਦਾ ਰਿਕਾਰਡ ਰੱਖਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਵਪਾਰਕ ਐਲਪੀਜੀ ਸਿਲੰਡਰਾਂ ਦੀ ਮੰਗ ਇਸ ਉਦੇਸ਼ ਲਈ ਬਣਾਈ ਗਈ ਕਮੇਟੀ ਦੇ ਸਾਹਮਣੇ ਰੱਖੀ ਜਾਵੇ।ਉਨ੍ਹਾਂ ਸਪੱਸ਼ਟ ਤੌਰ ‘ਤੇ ਨਿਰਦੇਸ਼ ਦਿੱਤੇ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹਸਪਤਾਲਾਂ ਨੂੰ ਐਲਪੀਜੀ ਸਪਲਾਈ ਕਿਸੇ ਵੀ ਹਾਲਤ ਵਿੱਚ ਵਿਘਨ ਨਾ ਪਵੇ।
ਡਿਪਟੀ ਕਮਿਸ਼ਨਰ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਗੈਰ-ਕਾਨੂੰਨੀ ਤੌਰ ‘ਤੇ ਘਰੇਲੂ ਐਲਪੀਜੀ ਸਿਲੰਡਰਾਂ ਦੀ ਵਰਤੋਂ ਕਰਨ ਵਾਲੇ ਵਪਾਰਕ ਅਦਾਰਿਆਂ ਦੀ ਨਿਯਮਤ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਸਹੀ ਵੰਡ ਨੂੰ ਯਕੀਨੀ ਬਣਾਇਆ ਜਾ ਸਕੇ ਤੇ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਿਆ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਐਲਪੀਜੀ ਖਪਤਕਾਰਾਂ ਦਾ ਈ-ਕੇਵਾਈਸੀ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ।
ਇਸ ਦੌਰਾਨ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਅੱਜ ਵੀ ਜ਼ਿਲ੍ਹੇ ਵਿੱਚ ਘਰੇਲੂ ਐਲਪੀਜੀ ਸਿਲੰਡਰਾਂ ਦੀ ਦੁਰਵਰਤੋਂ ਦੀ ਜਾਂਚ ਕਰਨ ਲਈ ਵਪਾਰਕ ਅਦਾਰਿਆਂ ‘ਤੇ ਜਾਂਚ ਕੀਤੀ। ਮੁਹਿੰਮ ਦੌਰਾਨ, ਟੀਮਾਂ ਨੇ ਨਿਯਮਾਂ ਦੀ ਉਲੰਘਣਾ ਕਰਕੇ ਵਰਤੇ ਜਾ ਰਹੇ ਘਰੇਲੂ ਸਿਲੰਡਰਾਂ ਨੂੰ ਜ਼ਬਤ ਵੀ ਕੀਤਾ।






