ਪੰਜਾਬ ਸਰਕਾਰ ਤੋਂ ਉਦਯੋਗਪਤੀਆਂ ਨੂੰ 31 ਦਸੰਬਰ 2025 ਤੱਕ ਮਿਲੀ ਵੱਡੀ ਰਾਹਤ

ਜਲੰਧਰ : ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਦਯੋਗ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਣਪ੍ਰੀਤ ਸੌਂਦ ਨੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲਟਕ ਰਹੇ ਕੇਸਾਂ ਦੇ ਨਿਪਟਾਰੇ ਲਈ ਇਤਿਹਾਸਕ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ,  ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸਰਕਾਰ ਨੇ ਡਿਫਾਲਟਰਾਂ ਨੂੰ ਜੁਰਮਾਨੇ ਦੇ ਵਿਆਜ ਵਿੱਚ 100 ਪ੍ਰਤੀਸ਼ਤ ਮੁਆਫੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਰਫ 8 ਪ੍ਰਤੀਸ਼ਤ ਦੀ ਸਾਧਾਰਨ ਵਿਆਜ ਦਰ ‘ਤੇ ਬਕਾਏ ਦਾ ਭੁਗਤਾਨ ਕਰਨ ਦੀ ਆਗਿਆ ਦੇ ਕੇ ਵਿੱਤੀ ਰਾਹਤ ਪ੍ਰਦਾਨ ਕੀਤੀ ਹੈ। ਇਸ ਯੋਜਨਾ ਦੀ ਆਖ਼ਰੀ ਤਰੀਕ 31 ਦਸੰਬਰ, 2025 ਹੈ ਤਾਂ ਜੋ ਭੁਗਤਾਨ ਕਰਨ ਲਈ ਲੋੜੀਂਦਾ ਸਮਾਂ ਮਿਲ ਸਕੇ।

ਇਹ ਸਕੀਮ ਉਨ੍ਹਾਂ ਬਕਾਇਆ ਪਲਾਟ ਧਾਰਕਾਂ ‘ਤੇ ਲਾਗੂ ਹੋਵੇਗੀ ਜਿਨ੍ਹਾਂ ਦੀ ਅਸਲ ਅਲਾਟਮੈਂਟ 1 ਜਨਵਰੀ, 2020 ਨੂੰ ਜਾਂ ਇਸ ਤੋਂ ਪਹਿਲਾਂ ਕੀਤੀ ਗਈ ਸੀ। ਸੌਂਦ ਨੇ ਕਿਹਾ ਕਿ ਇਸ ਸਕੀਮ ਨਾਲ ਪੰਜਾਬ ਦੇ ਲਗਭਗ 1,145 ਉਦਯੋਗਪਤੀਆਂ ਨੂੰ ਆਪਣੇ ਬਕਾਏ ਦਾ ਨਿਪਟਾਰਾ ਕਰਨ ਅਤੇ ਆਪਣੇ ਕਾਰੋਬਾਰਾਂ ਵਿੱਚ ਮੁੜ ਨਿਵੇਸ਼ ਕਰਨ ਦਾ ਲਾਭ ਮਿਲੇਗਾ। ਇਨ੍ਹਾਂ ਸਾਰੇ ਉਦਯੋਗਪਤੀਆਂ ਨੂੰ 30 ਅਪ੍ਰੈਲ, 2025 ਤੱਕ ਨੋਟਿਸ ਜਾਰੀ ਕੀਤੇ ਜਾਣਗੇ ਤਾਂ ਜੋ ਉਹ 31 ਦਸੰਬਰ ਤੱਕ ਭੁਗਤਾਨ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਰਾਜ ਉਦਯੋਗਿਕ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਵੱਲੋਂ ਵਿਕਸਤ ਕੀਤੇ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਸਥਿਤ ਸ਼ੈੱਡ, ਵਪਾਰਕ ਪਲਾਟ ਉਦਯੋਗਿਕ ਪਲਾਟ ਅਤੇ ਰਿਹਾਇਸ਼ੀ ਪਲਾਟ ਵੀ ਇਸ ਸਕੀਮ ਦੇ ਦਾਇਰੇ ਵਿੱਚ ਆਉਣਗੇ। ਉਨ੍ਹਾਂ ਕਿਹਾ ਕਿ ਪੀ.ਐਸ.ਆਈ.ਈ.ਸੀ ਦੀ ਸਥਾਪਨਾ ਬਿਨੈਕਾਰਾਂ ਦੀ ਸਹੂਲਤ ਅਤੇ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕੀਤੀ ਗਈ ਹੈ। ਖੇਤੀਬਾੜੀ ਕੇਂਦਰਾਂ ਵੱਲੋਂ ਵਿਸ਼ੇਸ਼ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ ਤਾਂ ਜੋ ਉਦਯੋਗਪਤੀ ਆਸਾਨੀ ਨਾਲ ਇਸ ਯੋਜਨਾ ਦਾ ਲਾਭ ਲੈ ਸਕਣ।

Leave a Reply

Your email address will not be published. Required fields are marked *