ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਸੁਪਰੀਮ ਕੋਰਟ ਵੱਲੋਂ ਅੱਜ ਹੋਵੇਗੀ ਸੁਣਵਾਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਹਫ਼ਤੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹੁਣ ਇਸ ਮਾਮਲੇ ‘ਤੇ ਅੱਜ 22 ਜੁਲਾਈ ਨੂੰ ਸੁਣਵਾਈ ਹੋਵੇਗੀ। ਸ਼ੰਭੂ ਸਰਹੱਦ ਖੋਲ੍ਹਣ ਦੇ ਮਾਮਲੇ ਵਿੱਚ ਪਟੀਸ਼ਨਰ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਬਾਰਡਰ ਖੋਲ੍ਹਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਉਹ ਇਸ ਦਾ ਵਿਰੋਧ ਕਰਨਗੇ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਛੋਟੇ-ਵੱਡੇ ਵਪਾਰੀਆਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਗਰੀਬ ਲੋਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਯਾਨ ਦੀ ਡਿਵੀਜ਼ਨ ਬੈਂਚ 22 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾ ਚੁੱਕੀ ਹੈ।