Home Blog ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ...

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

0
124

ਮਾਲੇਰਕੋਟਲਾ, 13 ਅਪ੍ਰੈਲ :

ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਕ ਤਰੱਕੀ ਸੰਭਵ: ਚੀਮਾ

ਕਿਹਾ,ਮੁੱਖ ਮੰਤਰੀ ਪੰਜਾਬ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਕਰਨਗੇ ਵੱਡਾ ਐਲਾਨ, ਗਰੀਬ ਅਤੇ ਦਲਿਤ ਔਰਤਾਂ ਨੂੰ ਮਿਲਣਗੇ 1500 ਰੁਪਏ ਪ੍ਰਤੀ ਮਹੀਨਾ

  ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ  ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ।

ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਲੇਰਕੋਟਲਾ ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ

 

LEAVE A REPLY

Please enter your comment!
Please enter your name here